Breaking- ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ – ਚੇਅਰਮੈਨ ਢਿੱਲਵਾਂ
ਪਿੰਡ ਮਚਾਕੀ ਮੱਲ ਸਿੰਘ ਵਿੱਚ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
ਫਰੀਦਕੋਟ, 23 ਫਰਵਰੀ – (ਪੰਜਾਬ ਡਾਇਰੀ) ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਮਚਾਕੀ ਮੱਲ ਸਿੰਘ ਵਿਖੇ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਆਰ.ਓ ਟੂ ਸਪੀਕਰ ਸ. ਮਨਪ੍ਰੀਤ ਸਿੰਘ ਧਾਲੀਵਾਲ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਦੌਰਾਨ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਸਮੇਂ ਸਮੇਂ ਤੇ ਖੇਡ ਟੂਰਨਾਮੈਂਟ ਕਰਵਾਏ ਜਾ ਰਹੇ ਹਨ, ਉੱਥੇ ਖੇਡ ਸਟੇਡੀਅਮ ਅਤੇ ਮੁੱਢਲੀ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ਵਿੱਚ ਵਿਸ਼ੇਸ਼ ਮਹੱਤਵ ਹੁੰਦਾ ਹੈ। ਵਿਦਿਆਰਥੀਆਂ ਨੂੰ ਮੁੱਢਲੀ ਸਿੱਖਿਆ ਦੌਰਾਨ ਸਮੇਂ ਸਮੇਂ ਸਿਰ ਖੇਡ ਟੂਰਨਾਮੈਂਟ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਅਤੇ ਰੁਚੀ ਅਨੁਸਾਰ ਕੋਈ ਵੀ ਖੇਡ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਨੂੰ ਖੇਡਾਂ ਵੱਲ ਲੈ ਕੇ ਆਉਣਾ ਜਰੂਰੀ ਹੈ, ਇਸ ਲਈ ਸਮੇਂ ਸਮੇਂ ਤੇ ਪਿੰਡਾਂ ਦੇ ਖੇਡ ਕਲੱਬਾਂ ਵਿੱਚ ਖੇਡ ਟੂਰਨਾਮੈਂਟ ਕਰਵਾਏ ਜਾਂਦੇ ਹਨ, ਜਿੰਨਾ ਵਿੱਚ ਐਨ.ਆਰ.ਆਈਜ਼ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਨ੍ਹਾਂ ਨੋਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਦੀ ਅਪੀਲ ਵੀ ਕੀਤੀ।
ਇਸ ਦੌਰਾਨ ਪੀ.ਆਰ.ਓ ਟੂ ਸਪੀਕਰ ਸ. ਮਨਪ੍ਰੀਤ ਸਿੰਘ ਧਾਲੀਵਾਲ ਨੇ ਵੀ ਅਪੀਲ ਕਰਦੇ ਹੋਏ ਕਿਹਾ ਕਿ ਨੌਜਵਾਨ ਖੇਡਾਂ ਵੱਲ ਵਿਸ਼ੇਸ਼ ਦਿਲਚਸਪੀ ਲੈਣ। ਇਸ ਨਾਲ ਨੌਜਵਾਨ ਨਸ਼ਿਆਂ ਵਰਗੀਆਂ ਨਾਮੁਰਾਦ ਬਿਮਾਰੀਆਂ ਤੋਂ ਬਚੇ ਰਹਿਣਗੇ। ਅੰਤ ਵਿੱਚ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਅਤੇ ਪੀ.ਆਰ.ਓ. ਮਨਪ੍ਰੀਤ ਸਿੰਘ ਧਾਲੀਵਾਲ ਨੂੰ ਯਾਦਗਾਰੀ ਚਿੰਨ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸੁਖਜੀਤ ਸਿੰਘ ਚੇਅਰਮੈਨ,ਸੰਦੀਪ ਕੰਮੇਆਣਾ ਬਲਾਕ ਪ੍ਰਧਾਨ,ਬੱਬੂ ਮਚਾਕੀ ਯੂਥ ਆਗੂ।,ਪ੍ਰੀਤਮ ਸਿੰਘ ਸਰਪੰਚ,ਸੰਦੀਪ ਅੰਗਰੋਈਆ ਅਤੇ ਹੋਰ ਹਾਜ਼ਰ ਸਨ।