Breaking- 50 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਨੱਥਲਵਾਲਾ ਅਤੇ ਢਾਬ ਸ਼ੇਰ ਸਿੰਘ ਵਾਲਾ ਵਿਖੇ ਬਣਾਏ ਜਾਣਗੇ ਕਮਿਊਨਿਟੀ ਸੈਂਟਰ – ਵਿਧਾਇਕ ਸੇਖੋਂ
ਫਰੀਦਕੋਟ, 24 ਮਾਰਚ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ.ਅੰਬੇਦਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ। ਇਸੇ ਕੜੀ ਤਹਿਤ ਫਰੀਦਕੋਟ ਜਿਲ੍ਹੇ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਦੋ ਕਮਿਊਨਿਟੀ ਸੈਂਟਰ ਬਣਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਵੱਲੋਂ ਸ਼ੁਰੂ ਕੀਤੇ ਗਏ ਇਹ ਕਮਿਊਨਿਟੀ ਸੈਂਟਰ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਤੀ ਕਮਿਊਨਿਟੀ ਸੈਂਟਰ ਦੀ ਸਥਾਪਨਾ ‘ਤੇ ਲਗਭਗ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਕੇਂਦਰ 50 ਫੀਸਦੀ ਅਨੁਸੂਚਿਤ ਜਾਤੀ ਦੀ ਆਬਾਦੀ ਵਾਲੇ ਪਿੰਡਾਂ ਵਿੱਚ ਬਣਾਏ ਜਾਣਗੇ।
ਵਿਧਾਇਕ ਸ: ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਨੱਥਲਵਾਲਾ ਅਤੇ ਢਾਬ ਸ਼ੇਰ ਸਿੰਘ ਵਾਲਾ ਨੂੰ ਕਮਿਊਨਿਟੀ ਸੈਂਟਰਾਂ ਲਈ ਚੁਣਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਮਿਊਨਿਟੀ ਸੈਂਟਰਾਂ ਦੇ ਬਣਨ ਨਾਲ ਪਿੰਡਾਂ ਦੇ ਲੋਕਾਂ ਨੂੰ ਸ਼ਹਿਰੀ ਸਹੂਲਤਾਂ ਤਾਂ ਮਿਲਣਗੀਆਂ ਹੀ, ਨਾਲ ਹੀ ਬਿਨਾਂ ਕਿਸੇ ਖਰਚੇ ਦੇ ਨਿੱਜੀ ਅਤੇ ਜਨਤਕ ਸਮਾਗਮ ਕਰਵਾਉਣ ਦੀ ਵੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਹਨਾਂ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਦਾ ਕੰਮ ਬੜੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਕੇਂਦਰਾਂ ਨੂੰ ਸਮੇਂ ਸਿਰ ਬਣਾ ਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।