ਅਸ਼ੀਰਵਾਦ ਸਕੀਮ ਤਹਿਤ ਯੋਗ ਲਾਭਪਤਾਰੀਆਂ ਨੂੰ 2.40 ਕਰੋੜ ਰੁਪਏ ਦੀ ਰਾਸ਼ੀ ਜਾਰੀ- ਡਾ. ਰੂਹੀ ਦੁੱਗ
ਫਰੀਦਕੋਟ 10 ਮਈ (ਪੰਜਾਬ ਡਾਇਰੀ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਫਰੀਦਕੋਟ ਨੂੰ 2.40 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51000/- ਰੁਪਏ ਦੀ ਆਰਥਿਕ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ । ਜਿਲ੍ਹੇ ਅੰਦਰ ਮਈ 2022 ਤੋਂ ਲੈ ਕੇ ਮਹੀਨਾ ਨਵੰਬਰ 2022 ਤੱਕ ਦੇ 471 ਲਾਭਤਾਰੀਆਂ ਨੂੰ 2.40 ਕਰੋੜ ਦੀ ਅਦਾਇਗੀ ਸਿੱਧੇ ਤੌਰ ਤੇ ਡੀ.ਬੀ.ਟੀ ਮੋਡ ਰਾਹੀਂ ਉਨ੍ਹਾਂ ਦੇ ਨਿੱਜੀ ਬੈਂਕ ਖਾਤਿਆਂ ਵਿਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਲਾਭਪਾਤਰੀ ਇੱਕ ਹਫਤੇ ਦੇ ਅੰਦਰ-ਅੰਦਰ ਆਪਣੀ ਸਬੰਧਤ ਬੈਂਕ ਨਾਲ ਤਾਲਮੇਲ ਕਰਕੇ ਰਾਸ਼ੀ ਪ੍ਰਾਪਤ ਕਰਨ ।
ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਫਰੀਦਕੋਟ ਨੇ ਦੱਸਿਆ ਕਿ ਹੁਣ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਵਧਾਉਣ ਲਈ ਉਕਤ ਸਕੀਮ ਤਹਿਤ ਅਪਲਾਈ ਕਰਨ ਲਈ ਆਨ ਲਾਈਨ ਪੋਰਟਲ ( ਅਸ਼ੀਰਵਾਦ ਪੋਰਟਲ ) ਮਿਤੀ 01.04.2023 ਤੋਂ ਕੀਤਾ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਬਿਨੈਕਾਰ ਆਪਣੀ ਲੜਕੀ ਦੀ ਸ਼ਾਦੀ ਦੀ ਮਿਤੀ ਤੋਂ ਇੱਕ ਮਹੀਨਾ ਪਹਿਲਾਂ ਅਤੇ ਇੱਕ ਮਹੀਨਾ ਬਾਅਦ ਵਿੱਚ ਆਨ ਲਾਈਨ ਪੋਰਟਲ ਤੇ ਅਪਲਾਈ ਕਰ ਸਕਦੇ ਹਨ ।