ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਿੰਚਾਈ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ’ਤੇ ਸਰਕਾਰ ਨੂੰ ਨੋਟਿਸ ਕੀਤਾ ਜਾਰੀ
ਚੰਡੀਗੜ੍ਹ, 18 ਮਈ (ਪੰਜਾਬੀ ਜਾਗਰਣ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਨੂੰ ਉਸ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਜਿਸ ਵਿਚ ਰਾਜ ਦੇ ਸਿੰਚਾਈ ਘੁਟਾਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਹਾਈ ਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ਦੇ ਬੈਂਚ ਨੇ ਹਰਮਿਤ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਆਦੇਸ਼ ਦਿੱਤੇ ਹਨ।
ਪਟੀਸ਼ਨਕਰਤਾ ਅਨੁਸਾਰ ਹਾਈ ਕੋਰਟ ਦੇ 14 ਜੁਲਾਈ, 2021 ਤੇ 8 ਨਵੰਬਰ, 2021 ਦੇ ਆਦੇਸ਼ ਤਹਿਤ ਇਸ ਮਾਮਲੇ ਵਿਚ ਕਾਰਵਾਈ ਦੇ ਆਦੇਸ਼ ਦਿੱਤੇ ਗਏ ਸਨ। ਇਸ ਮਾਮਲੇ ਵਿਚ ਦੋ ਸਾਬਕਾ ਮੰਤਰੀਆਂ ਸਮੇਤ ਤਿੰਨ ਆਈਏਐੱਸ ਅਧਿਕਾਰੀਆਂ ਤੇ ਦੋ ਹੋਰ ਮੁਲਜ਼ਮ ਹਨ ਪਰ ਕੋਰਟ ਦੇ ਆਦੇਸ਼ ਤੋਂ ਬਾਅਦ ਵੀ ਇਸ ਮਾਮਲੇ ਦੀ ਜਾਂਚ ਵਿਚ ਕੋਈ ਖਾਸ ਪ੍ਰਗਤੀ ਨਹੀਂ ਹੋਈ ਹੈ।
ਪਟੀਸ਼ਨਕਰਤਾ ਨੇ 17 ਅਗਸਤ 2017 ਨੂੰ ਧੋਖਾਧੜੀ, ਅਪਰਾਧਿਕ ਵਿਸ਼ਵਾਸਘਾਤ, ਜਾਅਲਸਾਜ਼ੀ ਅਤੇ ਸਬੰਧਤ ਦੋਸ਼ਾਂ ਲਈ ਆਈਪੀਸੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਪੁਲਿਸ ਸਟੇਸ਼ਨ ਚੌਕਸੀ ਬਿਊਰੋ, ਮੁਹਾਲੀ ਵਿਚ ਦਰਜ ਐੱਫਆਈਆਰ ਨੰਬਰ 10 ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਪਟੀਸ਼ਨਕਰਤਾ ਮੁਤਾਬਕ ਰਾਜ ਸਰਕਾਰ ਜਾਂਚ ਪੂਰੀ ਕਰਨ ਵਿਚ ਅਸਫਲ ਰਹੀ ਹੈ। ਪਟੀਸ਼ਨਕਰਤਾ ਨੇ ਇਸ ਮਾਮਲੇ ਦੀ ਜਾਂਚ ਦੀ ਨਿਗਰਾਨੀ ਦੀ ਵੀ ਬੇਨਤੀ ਕੀਤੀ ਹੈ।