ਸਰਕਾਰੀ ਸਕੂਲਾਂ ਵਿੱਚ ਸਪੀਕਰ ਸਾਹਿਬ ਵੱਲੋਂ ਡੇਢ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰਕੇ ਮੁਹੱਈਆ ਕਰਵਾਈਆਂ ਗਈਆਂ ਹਨ ਸਿੱਖਿਆ ਸਹੂਲਤਾਂ- ਢਿੱਲਵਾਂ
ਚੇਅਰਮੈਨ ਢਿੱਲਵਾਂ ਅਤੇ ਪੀ ਆਰ ਓ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਕੀਤੀ ਸ਼ਿਰਕਤ
ਫਰੀਦਕੋਟ, 22 ਮਈ (ਪੰਜਾਬ ਡਾਇਰੀ)- ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦੇ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਅਤੇ ਪੀ ਆਰ ਓ ਮਨਪ੍ਰੀਤ ਸਿੰਘ ਧਾਲੀਵਾਲ ਵੱਲੋਂ ਵਾਰਡ ਨੰਬਰ 9 ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਧਾਰਮਿਕ ਪ੍ਰੋਗਰਾਮ ਚ ਸ਼ਿਰਕਤ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦੇ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰਾਂ ਨੂੰ ਤਰਜੀਹ ਦੇ ਰਹੀ ਹੈ। ਇਸ ਦੇ ਤਹਿਤ ਹੁਣ ਤੱਕ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡੇਢ ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਹਲਕਾ ਕੋਟਕਪੂਰਾ ਦੇ ਸਰਕਾਰੀ ਸਕੂਲਾਂ ਵਿੱਚ ਮੁੱਢਲੀਆਂ ਸਿੱਖਿਆ ਸਹੂਲਤਾਂ ਦੇ ਲਈ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਢਲੀਆਂ ਸਿਹਤ ਸਹੂਲਤਾਂ ਦੇ ਲਈ ਜਿੱਥੇ ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ, ਓਥੇ ਵੱਡੇ ਹਸਪਤਾਲਾਂ ਦੇ ਵਿੱਚ ਵੀ ਮਾਹਿਰ ਡਾਕਟਰਾਂ ਦੀ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਮਰੀਜ਼ਾਂ ਨੂੰ ਕੋਈ ਸਮੱਸਿਆ ਨਾ ਆਵੇ । ਇਸ ਦੌਰਾਨ ਉਨ੍ਹਾਂ ਨੇ ਸਕੂਲ ਵਿੱਚ ਸਿਖਿਆ ਸੰਬੰਧੀ ਕੀਤੇ ਜਾ ਰਹੇ ਸੁਧਾਰਾਂ ਸਬੰਧੀ ਵਿਸਥਾਰ ਦੇ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਸਟਾਫ ਵੱਲੋਂ ਸਕੂਲ ਦੀਆਂ ਮੰਗਾਂ ਸਬੰਧੀ ਦਿੱਤੇ ਗਏ ਮੰਗ ਪੱਤਰ ਅਨੁਸਾਰ ਸਕੂਲ ਦੇ ਵਿੱਚ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਭਰੋਸਾ ਵੀ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਕੋਲ ਫੰਡ ਸੰਬੰਧੀ ਕੋਈ ਕਮੀ ਨਹੀਂ ਹੈ ਅਤੇ ਸਕੂਲ ਦੇ ਵਿੱਚ ਰਹਿੰਦੀਆਂ ਮੰਗਾਂ ਸਪੀਕਰ ਸਾਹਿਬ ਦੇ ਧਿਆਨ ਵਿੱਚ ਲਿਆ ਕੇ ਜਲਦ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਤੇ ਸਕੂਲ ਸਟਾਫ ਤੋਂ ਇਲਾਵਾ ਮਨਦੀਪ ਸਿੰਘ ਮਿੰਟੂ ਗਿੱਲ, ਬਿੱਟਾ ਨਰੂਲਾ, ਇੰਜ ਇੰਦਰਜੀਤ ਸਿੰਘ, ਮਨਦੀਪ ਸਿੰਘ ਮੌਂਗਾ, ਯਾਦਵਿੰਦਰ ਸਿੰਘ, ਪ੍ਰੋਫੈਸਰ ਦਰਸ਼ਨ ਸਿੰਘ, ਰਣਜੀਤ ਸਿੰਘ ਤੋ ਇਲਾਵਾ ਪਿੰਡ ਵਾਸੀ ਵੀ ਮੌਜੂਦ ਸਨ।