ਭਾਜਪਾ ਪੰਜਾਬ ਨੂੰ ਆਪਣੀ ਹੀ ਰਾਜਧਾਨੀ ਚੰਡੀਗੜ੍ਹ ਤੋਂ ਬੇਦਖ਼ਲ ਕਰਨ ਦੀ ਰਚ ਰਹੀ ਹੈ ਸਾਜ਼ਿਸ਼-ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ, 1 ਅਗਸਤ (ਪੰਜਾਬੀ ਜਾਗਰਣ)- ਆਮ ਆਦਮੀ ਪਾਰਟੀ ਨੇ ਨਗਰ ਨਿਗਮ ਦੇ ਚੰਡੀਗੜ੍ਹ ਵਿਚ ਬਾਹਰ ਤੋਂ ਆਉਣ ਵਾਲੇ ਵਾਹਨਾਂ ਲਈ ਪਾਰਕਿੰਗ ਫੀਸ ਦੁੱਗਣੀ ਕਰਨ ਦੀ ਤਜਵੀਜ਼ ਦਾ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਨੇ ਕਿਹਾ ਕਿ ਇਹ ਭਾਜਪਾ ਸ਼ਾਸਤ ਚੰਡੀਗੜ੍ਹ ਨਗਰ ਨਿਗਮ ਦਾ ਤਾਨਾਸ਼ਾਹੀ ਤੇ ਧੱਕੇਸ਼ਾਹੀ ਵਾਲਾ ਫ਼ੈਸਲਾ ਹੈ।
‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਆਪਣੀ ਹੀ ਰਾਜਧਾਨੀ ਚੰਡੀਗੜ੍ਹ ਤੋਂ ਬੇਦਖ਼ਲ ਕਰਨ ਦੀ ਲਗਾਤਾਰ ਸਾਜ਼ਿਸ਼ ਰਚ ਰਹੀ ਹੈ। ਇਹ ਫ਼ੈਸਲਾ ਉਨ੍ਹਾਂ ਸਾਜ਼ਿਸ਼ਾਂ ਦਾ ਇਹ ਹਿੱਸਾ ਹੈ। ਕੰਗ ਨੇ ਕਿਹਾ ਕਿ ਭਾਜਪਾ ਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਹੈ। ਪੰਜਾਬ ਦੇ ਲੱਖਾਂ ਲੋਕ ਇੱਥੇ ਰਹਿੰਦੇ ਹਨ ਅਤੇ ਰੋਜ਼ਾਨਾ ਆਉਂਦੇ-ਜਾਂਦੇ ਹਨ। ਇਸ ਲਈ ਇਸ ਫ਼ੈਸਲੇ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਲੋਕਾਂ ’ਤੇ ਪਵੇਗਾ। ਪੰਜਾਬ ਅਜਿਹੇ ਫ਼ੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।
ਕੰਗ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਇਸ ਫ਼ੈਸਲੇ ਨੂੰ ਕਿਸੇ ਵੀ ਕੀਮਤ ’ਤੇ ਨਾ ਮੰਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਦੀ ਤਜਵੀਜ਼ ਉਦੋਂ ਹੀ ਕਾਨੂੰਨ ਬਣ ਸਕਦੀ ਹੈ, ਜਦੋਂ ਰਾਜਪਾਲ ਇਸ ’ਤੇ ਆਪਣੇ ਦਸਤਖ਼ਤ ਕਰਨਗੇ। ਇਸ ਲਈ ਰਾਜਪਾਲ ਨੂੰ ਸੋਚ-ਵਿਚਾਰ ਕੇ ਇਸ ਪ੍ਰਸਤਾਵ ’ਤੇ ਦਸਤਖ਼ਤ ਕਰਨੇ ਚਾਹੀਦੇ ਹਨ।
ਕੰਗ ਨੇ ਭਾਜਪਾ ਨੂੰ ਅਜਿਹੀਆਂ ਹਰਕਤਾਂ ਤੋਂ ਗੁਰੇਜ਼ ਕਰਨ ਅਤੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨਾਲ ਛੇੜਛਾੜ ਨਾ ਕਰਨ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਵਾਲਾ ਕੋਈ ਵੀ ਅਜਿਹਾ ਫ਼ੈਸਲਾ ਸਾਨੂੰ ਅਤੇ ਹਰ ਪੰਜਾਬੀ ਲਈ ਬਰਦਾਸ਼ਤਯੋਗ ਹੈ ਅਤੇ ਅਜਿਹੀ ਕੋਈ ਵੀ ਯੋਜਨਾ ਕਦੇ ਵੀ ਸਫਲ ਨਹੀਂ ਹੋ ਸਕਦੀ।