ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋ ਅਲਰਟ ਜਾਰੀ
ਚੰਡੀਗੜ੍ਹ, 4 ਅਗਸਤ (ਨਿਊਜ 18)- ਬੀਤੀ ਰਾਤ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ‘ਚ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਬਰਸਾਤ ਦਾ ਦੌਰ ਜਾਰੀ ਰਹੇਗਾ, ਜਿਸ ਕਾਰਨ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੀਂਹ ਤੋਂ ਬਾਅਦ ਲੋਕਾਂ ਨੂੰ ਨਮੀ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਭਾਰੀ ਮੀਂਹ ਪੈਣ ਦੀ ਸੂਰਤ ਵਿੱਚ ਪਹਿਲਾਂ ਹੀ ਹੜ੍ਹਾਂ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ।
ਚੰਡੀਗੜ੍ਹ ‘ਚ ਇੱਕ ਵਾਰ ਫਿਰ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਗਰਜ ਨਾਲ ਹਲਕਾ ਮੀਂਹ ਪੈ ਸਕਦਾ ਹੈ। ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਅੱਜ ਮੋਹਾਲੀ ਤੇ ਪੰਚਕੂਲਾ ਵਿੱਚ ਵੀ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਵੀ ਪੱਛਮੀ ਮਾਲਵਾ ਖੇਤਰ ਜਿਸ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ ਤੇ ਬਠਿੰਡਾ ਸ਼ਾਮਲ ਹਨ, ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਨੇ ਪੱਛਮੀ ਮਾਲਵੇ ਨੂੰ ਛੱਡ ਕੇ ਬਾਕੀ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ 4, 5 ਅਤੇ 6 ਅਗਸਤ ਨੂੰ ਹਰਿਆਣਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਸੂਬੇ ਦੇ ਲਗਪਗ ਸਾਰੇ ਜ਼ਿਲ੍ਹਿਆਂ ਵਿੱਚ ਗਰਜ ਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 7 ਅਤੇ 8 ਅਗਸਤ ਨੂੰ ਸੂਬੇ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ। ਜਿਸ ਤੋਂ ਬਾਅਦ ਮੀਂਹ ਦੀਆਂ ਗਤੀਵਿਧੀਆਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਨਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਹਰਿਆਣਾ ਦੇ ਨਾਲ-ਨਾਲ ਪੰਜਾਬ ਦੇ ਕਈ ਦੱਖਣੀ ਜ਼ਿਲ੍ਹੇ ਅਜਿਹੇ ਹਨ ਜਿੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਬੱਦਲ ਛਾਏ ਰਹਿਣਗੇ ਅਤੇ ਰੁਕ-ਰੁਕ ਕੇ ਮੀਂਹ ਪੈਂਦਾ ਰਹੇਗਾ।