ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਤੇ ਆਪ ਦੇ ਮੰਤਰੀਆਂ, ਸੰਸਦ ਮੈਂਬਰਾਂ ਦੇ ਘਰਾਂ/ਦਫ਼ਤਰਾਂ ਅੱਗੇ ਤਿੰਨ ਦਿਨਾਂ ਧਰਨੇ ਸ਼ੁਰੂ
ਚੰਡੀਗੜ੍ਹ, 12 ਸਤੰਬਰ (ਬਾਬੂਸ਼ਾਹੀ)- ਸੰਯੁਕਤ ਕਿਸਾਨ ਮੋਰਚਾਂ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਨੇ ਅੱਜ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਮੰਤਰੀਆਂ, ਸੰਸਦ ਮੈਂਬਰਾਂ ਅਤੇ ਪ੍ਰਮੁੱਖ ਅਹੁਦੇਦਾਰਾਂ ਦੇ ਘਰਾਂ ਅਤੇ ਦਫ਼ਤਰਾਂ ਦੇ ਸਾਹਮਣੇ ਤਿੰਨ ਦਿਨਾਂ ਧਰਨੇ ਸ਼ੁਰੂ ਕਰਕੇ ਹੜ੍ਹਾਂ ਦੀ ਰੋਕਥਾਮ ਲਈ ਪ੍ਰਬੰਧ ਕਰਨ ਦੇ ਨਾਲ ਨਾਲ ਹੋਏ ਨੁਕਸਾਨ ਦੇ ਬਰਾਬਰ ਮੁਆਵਜ਼ਾ ਰਾਹਤ ਦੇਣ ਦੀ ਮੰਗ ਕੀਤੀ।
ਕਿਸਾਨ ਜੱਥੇਬੰਦੀਆਂ ਨੇ ਭਾਜਪਾ ਦੀ ਕੇਂਦਰ ਸਰਕਾਰ ਤੋ ਮੰਗ ਕੀਤੀ ਕਿ ਹੜ੍ਹਾਂ ਨਾਲ ਹੋਏ ਵਿਆਪਕ ਨੁਕਸਾਨ ਨੂੰ ਕੌਮੀ ਆਫਤ ਐਲਾਣ ਕੇ ਪੰਜਾਬ ਨੂੰ ਦਸ ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ। ਲੋਕਾਂ ਦੇ ਹੋਏ ਜਾਨ-ਮਾਨ ਦੇ ਨੁਕਸਾਨ ਦੀ ਭਰਪਾਈ ਲਈ ਮੁਆਵਜ਼ਾ ਦੇਣ ਦੇ ਨਿਯਮਾਂ ਵਿੱਚ ਢਿੱਲ ਦੇਣ ਦੀ ਮੰਗ ਕਰਦਿਆ ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਦਿੱਤਾ ਜਾ ਰਿਹਾ ਮੁਆਵਜ਼ਾ ਨਾਕਾਫੀ ਹੀ ਨਹੀਂ ਬਲਕਿ ਕਿਸਾਨਾਂ ਨਾਲ ਕੀਤਾ ਜਾ ਰਿਹਾ ਕੋਝਾ ਮਜ਼ਾਕ ਹੈ।
ਵਰਣਨਯੋਗ ਹੈ ਕਿ 32 ਕਿਸਾਨ ਜਥੇਬੰਦੀਆਂ ਨੇ 11, 12, 13 ਸਤੰਬਰ ਨੂੰ ਤਿੰਨ ਦਿਨਾਂ ਧਰਨਿਆਂ ਦਾ ਐਲਾਨ ਕੀਤਾ ਸੀ ਜਿਸ ਤਹਿਤ ਅੱਜ ਸੂਬੇ ਭਰ ਚ ਸੰਗਰੂਰ ਵਿਖੇ ਮੁੱਖ-ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ, ਪਟਿਆਲਾ ਚ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੀ ਕੋਠੀ, ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਅੱਗੇ, ਸਮਾਣਾ ਵਿਖੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੇ ਦਫਤਰ ਵਿਖੇ, ਮੋਹਾਲੀ ਚ ਮੰਤਰੀ ਅਨਮੋਲ ਗਗਨ ਮਾਨ ਦੀ ਕੋਠੀ, ਮਾਨਸਾ ‘ਚ ਆਪ ਆਗੂ ਪ੍ਰਿੰਸੀਪਲ ਬੁੱਧਰਾਮ ਦੇ ਘਰ ਅੱਗੇ, ਬਰਨਾਲਾ ਤੋ ਕੈਬਿਨਟ ਮੰਤਰੀ ਮੀਤ ਹੇਅਰ ਦੇ ਗ੍ਰਹਿ ਅੱਗੇ, ਜਲੰਧਰ ਚ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਰਿਹਾਇਸ਼ ਅੱਗੇ, ਮੁਕਤਸਰ ਵਿੱਖੇ ਗੁਰਮੀਤ ਖੁੱਡੀਆਂ ਦੇ ਘਰ ਅੱਗੇ, ਫਰੀਦਕੋਟ ਦੇ ਕੁਲਤਾਰ ਸੰਧਵਾ ਦੇ ਘਰ ਅੱਗੇ, ਤਰਨਤਾਰਨ ਤੋ ਲਾਲਜੀਤ ਭੁੱਲਰ ਦੀ ਕੋਠੀ ਅੱਗੇ,
ਪਠਾਨਕੋਟ ਤੋਂ ਮੰਤਰੀ ਲਾਲ ਚੰਦ ਕਟਾਰੂਚੱਕ, ਫਗਵਾੜਾ ਵਿਖੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਘਰ ਸਾਹਮਣੇ, ਫਾਜ਼ਿਲਕਾ ਤੋਂ ਭਾਜਪਾ ਦੇ ਸੁਨੀਲ ਜਾਖੜ, ਫਿਰੋਜ਼ਪੁਰ ਚ ਭਾਜਪਾ ਆਗੂ ਗੁਰਮੀਤ ਸਿੰਘ ਰਾਣਾ ਸੋਢੀ, ਸੁਲਤਾਨਪੁਰ ਲੋਧੀ ਚ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਗ੍ਰਹਿ ਵਿਖੇ, ਹੁਸ਼ਿਆਰਪੁਰ ਵਿੱਚ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਜਗਰਾਉਂ ਤੋ ਸਰਬਜੀਤ ਕੌਰ ਮਾਣੂਕੇ ਦੇ ਗ੍ਰਹਿ ਅੱਗੇ, ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ, ਰੋਪੜ ਤੋਂ ਹਰਜੋਤ ਬੈਂਸ, ਮੋਗਾ ਤੋ ਲਾਡੀ ਧੋਂਸ ਆਦਿ ਆਪ ਤੇ ਭਾਜਪਾ ਆਗੂਆਂ ਦੇ ਘਰ ਅੱਗੇ ਰੋਸ਼ ਪ੍ਰਦਰਸ਼ਨ ਸ਼ੁਰੂ ਹੋ ਚੁੱਕੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਰਾਹਤ ਪੈਕੇਜ ਨਾ ਐਲਾਨਿਆ ਤਾਂ ਇਸ ਸੰਘਰਸ਼ ਦੀ ਅਗਲੀ ਰੂਪ ਰੇਖਾ 13 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਹੋਣ ਜਾ ਰਹੀ ਅਗਲੀ ਮੀਟਿੰਗ ਵਿੱਚ ਤਹਿ ਕੀਤੀ ਜਾਵੇਗੀ।