AGTF ਦੀ ਕਾਰਵਾਈ, ਲਾਰੈਂਸ ਤੇ ਗੋਲਡੀ ਬਰਾੜ ਦਾ ਗੁਰਗਾ ਫੜਿਆ, 4 ਪਿਸਤੌਲ ਤੇ ਕਾਰਤੂਸ ਬਰਾਮਦ
ਮੁਹਾਲੀ, 19 ਅਕਤੂਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਖਰੜ ਲਾਂਡਰਾ ਰੋਡ, ਮੁਹਾਲੀ ਤੋਂ ਇੱਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਲਈ ਕੰਮ ਕਰਦਾ ਸੀ। ਗ੍ਰਿਫ਼ਤਾਰੀ ਸਮੇਂ ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਚਾਰ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਗੈਂਗਸਟਰ ਦੀ ਪਛਾਣ ਸਚਿਨ ਉਰਫ਼ ਬੱਚੀ ਵਜੋਂ ਹੋਈ ਹੈ। ਪੁਲਿਸ ਵਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਮੁਹਾਲੀ ਵਿਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਆਇਆ ਸੀ। ਉਸ ਨੇ ਵਿਦੇਸ਼ ਬੈਠੇ ਹੋਰ ਗੈਂਗਸਟਰਾਂ ਤੋਂ ਵਾਰਦਾਤ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਲਈ ਸੀ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਖਰੜ ਲਾਂਡਰਾ ਰੋਡ ’ਤੇ ਰੇਕੀ ਕਰ ਰਿਹਾ ਸੀ। ਉਦੋਂ ਹੀ ਪੁਲਿਸ ਨੂੰ ਇਸ ਦੀ ਸੂਚਨਾ ਮਿਲੀ। ਪੁਲਿਸ ਨੇ ਮੁਲਜ਼ਮ ਨੂੰ ਤੜਕੇ 3 ਵਜੇ ਗ੍ਰਿਫ਼ਤਾਰ ਕਰ ਲਿਆ।