PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਸੱਦੀ ਵੱਡੀ ਮੀਟਿੰਗ, ਅਕਾਲੀ ਦਲ ਨੇ ਮਹਿਲਾ ਰਾਖਵਾਂਕਰਨ ਤੇ ਡਿਲੀਮੀਟੇਸ਼ਨ ਬਿੱਲ ਬਾਰੇ ਲਿਆ ਵੱਡਾ ਫੈਸਲਾ
ਅਕਾਲੀ ਦਲ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਜਾਣਕਾਰੀ ਮੁਤਾਬਕ, ਪਾਰਟੀ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਂਦੀ ਹੈ, ਜਿਨ੍ਹਾਂ ਨੇ ਔਰਤਾਂ ਦੇ ਸਨਮਾਨ, ਸਮਾਨਤਾ ਅਤੇ ਬਰਾਬਰ ਅਧਿਕਾਰਾਂ ਦੀ ਹਿਮਾਇਤ ਕੀਤੀ।

ਚੰਡੀਗੜ੍ਹ
ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੱਦੀ ਗਈ। ਮੀਟਿੰਗ ਵਿੱਚ ਦੇਸ਼ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਤੋਂ ਬਾਅਦ ਅਕਾਲੀ ਦਲ ਨੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਆਪਣਾ ਪੱਖ ਸਪੱਸ਼ਟ ਕਰ ਦਿੱਤਾ। ਪਾਰਟੀ ਨੇ ਮੰਗ ਕੀਤੀ ਕਿ ਦੇਸ਼ ਵਿੱਚ ਮਹਿਲਾਵਾਂ ਲਈ ਰਾਖਵਾਂਕਰਨ ਦੀ ਵਿਵਸਥਾ ਨੂੰ ਬਿਨਾਂ ਕਿਸੇ ਦੇਰੀ ਦੇ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਅਕਾਲੀ ਦਲ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਜਾਣਕਾਰੀ ਮੁਤਾਬਕ, ਪਾਰਟੀ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਂਦੀ ਹੈ, ਜਿਨ੍ਹਾਂ ਨੇ ਔਰਤਾਂ ਦੇ ਸਨਮਾਨ, ਸਮਾਨਤਾ ਅਤੇ ਬਰਾਬਰ ਅਧਿਕਾਰਾਂ ਦੀ ਹਿਮਾਇਤ ਕੀਤੀ।
ਪਾਰਟੀ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਹਾਊਸ ਵਿੱਚ ਔਰਤਾਂ ਲਈ ਰਾਖਵਾਂਕਰਨ ਦੀ ਵਿਵਸਥਾ ਕਰਕੇ ਪਹਿਲਾਂ ਹੀ ਇੱਕ ਮਿਸਾਲ ਕਾਇਮ ਕਰ ਚੁੱਕੀ ਹੈ।
ਮੀਟਿੰਗ ਦੌਰਾਨ ਡਿਲੀਮੀਟੇਸ਼ਨ ਬਿੱਲ ਦਾ ਮੁੱਦਾ ਵੀ ਖਾਸ ਤੌਰ ‘ਤੇ ਚਰਚਾ ਵਿੱਚ ਰਿਹਾ। ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਸਾਰੇ ਰਾਜਾਂ ਵਿੱਚ ਸੀਟਾਂ ਦੀ ਗਿਣਤੀ ਵਧਾਉਣ ਦੇ ਪ੍ਰਸਤਾਵ ਦਾ ਸਮਰਥਨ ਕੀਤਾ ਹੈ।
ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੀਟਿੰਗ ਵਿੱਚ ਮੁੱਖ ਤੌਰ ‘ਤੇ ਦੋ ਮੁੱਦਿਆਂ ‘ਤੇ ਚਰਚਾ ਹੋਈ। ਪਹਿਲਾ ਮਹਿਲਾ ਰਾਖਵਾਂਕਰਨ ਬਿੱਲ, ਜਿਸ ਨੂੰ ਜਲਦ ਤੋਂ ਜਲਦ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ, ਅਤੇ ਦੂਜਾ ਡਿਲੀਮੀਟੇਸ਼ਨ ਬਿੱਲ, ਜਿਸ ਨੂੰ ਵੀ ਛੇਤੀ ਪਾਸ ਕਰਨ ਦੀ ਗੱਲ ਕਹੀ ਗਈ ਹੈ।
ਦਲਜੀਤ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਡਿਲੀਮੀਟੇਸ਼ਨ ਬਿੱਲ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਦਿੱਤੇ ਗਏ ਬਿਆਨ ਦਾ ਸਮਰਥਨ ਕਰਦਾ ਹੈ, ਖਾਸ ਕਰਕੇ ਸਾਰੇ ਰਾਜਾਂ ਵਿੱਚ ਸੰਸਦੀ ਸੀਟਾਂ ਦੀ ਗਿਣਤੀ ਵਧਾਉਣ ਦੇ ਪ੍ਰਸਤਾਵ ਦਾ।
ਇਸ ਮੀਟਿੰਗ ਵਿੱਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਰਹੇ। ਹਾਲਾਂਕਿ, ਜਦੋਂ ਉਨ੍ਹਾਂ ਤੋਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗੱਠਜੋੜ ਨੂੰ ਲੈ ਕੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਅੱਜ ਦੀ ਮੀਟਿੰਗ ਦੌਰਾਨ ਇਸ ਮੁੱਦੇ ‘ਤੇ ਕੋਈ ਚਰਚਾ ਨਹੀਂ ਹੋਈ।
ਹੁਣ ਅਕਾਲੀ ਦਲ ਵੱਲੋਂ ਮਹਿਲਾ ਰਾਖਵਾਂਕਰਨ ਅਤੇ ਡਿਲੀਮੀਟੇਸ਼ਨ ਬਿੱਲ ਨੂੰ ਲੈ ਕੇ ਲਏ ਗਏ ਇਸ ਸਟੈਂਡ ਨੂੰ ਪੰਜਾਬ ਦੀ ਸਿਆਸਤ ਵਿੱਚ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਖਾਸ ਕਰਕੇ PM ਮੋਦੀ ਨਾਲ ਸੁਖਬੀਰ ਬਾਦਲ ਦੀ ਮੁਲਾਕਾਤ ਤੋਂ ਬਾਅਦ ਹੋਈ ਇਸ ਮੀਟਿੰਗ ਨੇ ਸਿਆਸੀ ਚਰਚਾਵਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ।
-(ਪੀਟੀਸੀ ਨਿਊਜ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


