SC ਨੇ ਨਫਰਤ ਭਰੇ ਭਾਸ਼ਣਾ ਵਿਰੁੱਧ ਸਾਰੇ ਸੂਬਿਆਂ ਨੂੰ ਦਿੱਤਾ ਆਦੇਸ਼, ਕਿਹਾ ਬਿਨਾਂ ਸ਼ਿਕਾਇਤ ਤੋਂ ਦਰਜ ਕਰ ਸਕਦੇ FIR
ਨਵੀਂ ਦਿੱਲੀ, 28 ਅਪ੍ਰੈਲ (ਏਬੀਪੀ ਸਾਂਝਾ)- ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਫ਼ਰਤ ਭਰੇ ਭਾਸ਼ਣਾਂ ‘ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਆਪਣੇ 2022 ਦੇ ਹੁਕਮ ਦਾ ਦਾਇਰਾ ਵਧਾਉਂਦਿਆਂ ਹੋਇਆਂ ਕਿਹਾ ਕਿ ਇਸ ਮਾਮਲੇ ਵਿੱਚ ਬਿਨਾਂ ਕਿਸੇ ਸ਼ਿਕਾਇਤ ਦੇ ਵੀ ਐਫਆਈਆਰ ਦਰਜ ਕਰਨੀ ਪਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਵਿੱਚ ਕੇਸ ਦਰਜ ਕਰਨ ਵਿੱਚ ਦੇਰੀ ਹੁੰਦੀ ਹੈ ਤਾਂ ਇਸ ਨੂੰ ਅਦਾਲਤ ਦਾ ਅਪਮਾਨ ਮੰਨਿਆ ਜਾਵੇਗਾ।
ਨਫ਼ਰਤ ਭਰੇ ਭਾਸ਼ਣਾਂ ‘ਤੇ ਸਖ਼ਤ ਰੁਖ਼ ਅਪਣਾਉਂਦਿਆਂ ਹੋਇਆਂ ਸੁਪਰੀਮ ਕੋਰਟ ਨੇ ਧਰਮ ਦੀ ਪਰਵਾਹ ਕੀਤਿਆਂ ਬਿਨਾਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਇਹ ਹੁਕਮ ਸਿਰਫ਼ ਯੂਪੀ, ਦਿੱਲੀ ਅਤੇ ਉੱਤਰਾਖੰਡ ਸਰਕਾਰਾਂ ਨੂੰ ਦਿੱਤੇ ਸਨ ਪਰ ਹੁਣ ਇਹ ਹੁਕਮ ਸਾਰੇ ਰਾਜਾਂ ਨੂੰ ਦੇ ਦਿੱਤੇ ਗਏ ਹਨ।
ਸੁਪਰੀਮ ਕੋਰਟ ਨੇ ਆਪਣੇ 2022 ਦੇ ਹੁਕਮ ਵਿੱਚ ਦਿੱਲੀ, ਯੂਪੀ ਅਤੇ ਉੱਤਰਾਖੰਡ ਦੀਆਂ ਸਰਕਾਰਾਂ ਨੂੰ ਨਫ਼ਰਤ ਭਰੇ ਭਾਸ਼ਣ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਸੀ। ਉਦੋਂ ਅਦਾਲਤ ਨੇ ਇਨ੍ਹਾਂ ਰਾਜਾਂ ਨੂੰ ਕਿਹਾ ਸੀ ਕਿ ਅਜਿਹੇ ਮਾਮਲਿਆਂ ਵਿੱਚ ਉਨ੍ਹਾਂ ਨੂੰ ਕਿਸੇ ਕੋਲ ਸ਼ਿਕਾਇਤ ਕਰਨ ਦੀ ਲੋੜ ਨਹੀਂ ਹੈ।
ਉਦੋਂ ਨਫਰਤ ਭਰੇ ਭਾਸ਼ਣ ਦੇ ਮਾਮਲੇ ਨੂੰ ਲੈ ਕੇ ਇਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸੰਵਿਧਾਨ ਦੀ ਧਾਰਾ 51ਏ ਦਾ ਵੀ ਜ਼ਿਕਰ ਕੀਤਾ ਸੀ। ਅਦਾਲਤ ਨੇ ਕਿਹਾ ਕਿ ਇਹ ਆਰਟਿਕਲ ਸਾਨੂੰ ਸਾਇਨਟਿਫਿਕ ਟੈਂਪਰ ਵਿੱਚ ਗੱਲ ਕਰਨ ਲਈ ਕਹਿੰਦਾ ਹੈ ਪਰ ਅਸੀਂ ਧਰਮ ਦੇ ਨਾਂ ‘ਤੇ ਕਿੱਥੇ ਪਹੁੰਚ ਗਏ ਹਾਂ? ਇਹ ਬਹੁਤ ਹੀ ਮੰਦਭਾਗੀ ਸਥਿਤੀ ਹੈ।