Sri Akal Takht Sahib News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਤਲਬ
Sri Akal Takht Sahib News : ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਲੰਮਾ ਸਮਾਂ ਬੀਤਣ ਦੇ ਬਾਵਜੂਦ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਅਜੇ ਤੱਕ ਆਪਣਾ ਸਟੈਂਡ ਸਪੱਸ਼ਟ ਨਹੀਂ ਕੀਤਾ ਹੈ ਅਤੇ ਨਾ ਹੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮੁਆਫ਼ੀ ਮੰਗੀ ਹੈ।

ਸ੍ਰੀ ਅਮ੍ਰਿਤਸਰ ਸਾਹਿਬ- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਸ੍ਰੀਨਗਰ ਵਿੱਚ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਇਤਰਾਜ਼ਯੋਗ ਪ੍ਰੋਗਰਾਮ ਸਬੰਧੀ ਪ੍ਰਾਪਤ ਸ਼ਿਕਾਇਤਾਂ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਖ਼ਤ ਨੋਟਿਸ ਲੈਂਦਿਆਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ 1 ਅਗਸਤ, 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਤਲਬ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਕਿਹਾ ਕਿ ਲੰਮਾ ਸਮਾਂ ਬੀਤਣ ਦੇ ਬਾਵਜੂਦ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਅਜੇ ਤੱਕ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ ਹੈ ਅਤੇ ਨਾ ਹੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮੁਆਫ਼ੀ ਮੰਗੀ ਹੈ।
ਉਨ੍ਹਾਂ ਕਿਹਾ ਕਿ ਸੰਵਿਧਾਨਕ ਅਹੁਦਿਆਂ ‘ਤੇ ਬੈਠੇ ਵਿਅਕਤੀਆਂ ਦੀਆਂ ਸਮਾਜ ਪ੍ਰਤੀ ਮਹੱਤਵਪੂਰਨ ਜ਼ਿੰਮੇਵਾਰੀਆਂ ਹਨ ਅਤੇ ਇੱਕ ਗੰਭੀਰ ਮੁੱਦੇ ‘ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਹੁਣ ਤੱਕ ਦੀ ਚੁੱਪੀ ਕਈ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਮਨਾਉਣ ਲਈ ਆਯੋਜਿਤ ਸਮਾਗਮ ਨਾਚ, ਗਾਇਨ ਅਤੇ ਮਨੋਰੰਜਨ ਨਾਲ ਸ਼ੁਰੂ ਹੋਏ ਹਨ, ਜੋ ਕਿ ਅਸਵੀਕਾਰਨਯੋਗ ਹੈ।
ਜਥੇਦਾਰ ਗੜਗੱਜ ਨੇ ਦੱਸਿਆ ਕਿ ਪੰਥਕ ਅਤੇ ਧਾਰਮਿਕ ਮਾਮਲਿਆਂ ‘ਤੇ ਚਰਚਾ ਕਰਨ ਲਈ 1 ਅਗਸਤ, 2025 ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਉਸੇ ਦਿਨ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਅਤੇ ਡਾਇਰੈਕਟਰ ਸ. ਜਸਵੰਤ ਸਿੰਘ ਨੂੰ ਆਪਣਾ ਪੱਖ ਪੇਸ਼ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਬੁਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਗਾਇਕ ਬੀਰ ਸਿੰਘ ਵਿਰੁੱਧ ਵੀ ਸ਼ਿਕਾਇਤਾਂ ਮਿਲੀਆਂ ਹਨ, ਜਿਨ੍ਹਾਂ ਨੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਪੱਖ ਪੇਸ਼ ਕਰਦੇ ਹੋਏ ਮੁਆਫ਼ੀ ਮੰਗ ਲਈ ਹੈ, ਜਿਸ ‘ਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵੀ ਚਰਚਾ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਪੇਸ਼ ਕਰਨ ਲਈ ਪੱਤਰ ਜਾਰੀ ਕੀਤੇ ਗਏ ਹਨ।
–(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।